12 May 2020

ਲਾਕਡਾਊਨ ਤੋਂ ਅੱਕਿਆ ਕੈਪਟਨ, ਸੂਬੇ ਲਈ ਕਰਤੀ ਵੱਡੀ ਮੰਗ!

Tags

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੌਕਡਾਊਨ ਵਿੱਚ ਵਾਧਾ ਕਰਨ ਦੀ ਪ੍ਰੋੜਤਾ ਕਰਦਿਆਂ ਆਖਿਆ ਕਿ ਅਜਿਹਾ ਕਰਨ ਮੌਕੇ ਸੂਬਿਆਂ ਦੇ ਵਿੱਤੀ ਅਤੇ ਆਰਥਿਕ ਸਸ਼ਕਤੀਕਰਨ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਵਧਾਨੀ ਨਾਲ ਰਣਨੀਤੀ ਉਲੀਕੀ ਜਾਵੇ ਤਾਂ ਕਿ ਮਨੁੱਖੀ ਜ਼ਿੰਦਗੀਆਂ ਬਚਾਉਣ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਨਿਰਬਾਹ ਨੂੰ ਵੀ ਸੁਰੱਖਿਅਤ ਬਣਾਇਆ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਕਾਰਨ ਮਾਲੀ ਘਾਟੇ ਦੀ ਪੂਰਤੀ ਅਤੇ ਖਰਚ ਕੀਤੇ ਫੰਡਾਂ ਲਈ ਸੂਬਿਆਂ ਨੂੰ ਤਿੰਨ ਮਹੀਨਿਆਂ ਵਾਸਤੇ ਮਾਲੀਆ ਗਰਾਂਟ ਦੇਣ ਦੇ ਨਾਲ ਉਨ੍ਹਾਂ (ਸੂਬਿਆਂ) ਨੂੰ ਆਪਣੀਆਂ ਘੱਟੋ-ਘੱਟ 33 ਫੀਸਦੀ ਪ੍ਰਤੀਬੱਧ ਦੇਣਦਾਰੀਆਂ ਲਈ ਤੁਰੰਤ ਵਿੱਤੀ ਸਹਾਇਤਾ ਕਰਨ ਦੀ ਮੰਗ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਲੌਕਡਾਊਨ 'ਚੋਂ ਬਾਹਰ ਨਿਕਲਣ ਦੀ ਰਣਨੀਤੀ ਸੂਬਿਆਂ ਨੂੰ ਵਿੱਤੀ ਅਤੇ ਆਰਥਿਕ ਤੌਰ 'ਤੇ ਵਧੇਰੇ ਸ਼ਕਤੀਆਂ ਦੇਣ ਲਈ ਵਿਚਾਰਦੇ ਹੋਏ ਇਸ ਉਪਰ ਕੇਂਦਰਿਤ ਕੀਤਾ ਜਾਵੇ ਕਿਉਂਕਿ ਆਮ ਆਦਮੀ ਦੀ ਰੋਜ਼ੀ-ਰੋਟੀ ਅਤੇ ਸਮਾਜਿਕ ਸਿਹਤ 'ਤੇ ਅਸਰ ਪਾਉਣ ਵਾਲੀ ਸਿੱਧੀ ਕਾਰਵਾਈ ਲਈ ਸੂਬੇ ਹੀ ਜ਼ਿੰਮੇਵਾਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਰੈੱਡ, ਆਰੇਂਜ ਅਤੇ ਯੈਲੋ ਜ਼ੋਨ ਮਨੋਨੀਤ ਕਰਨ ਦਾ ਫੈਸਲਾ ਵੀ ਸੂਬਿਆਂ 'ਤੇ ਛੱਡ ਦਿੱਤਾ ਜਾਣਾ ਚਾਹੀਦਾ ਹੈ ਕਿਉਂ ਜੋ ਸੂਬਿਆਂ ਨੂੰ ਜ਼ਮੀਨੀ ਹਕੀਕਤਾਂ ਬਾਰੇ ਵਧੇਰੇ ਗਿਆਨ ਹੁੰਦਾ ਹੈ।ਮੁੱਖ ਮੰਤਰੀ ਨੇ ਕੋਵਿਡ ਵਿਰੁੱਧ ਜੰਗ ਹੋਰ ਕਾਰਗਰ ਢੰਗ ਨਾਲ ਲੜਨ ਲਈ ਟੈਸਟਿੰਗ ਸਬੰਧੀ ਕੌਮੀ ਰਣਨੀਤੀ ਘੜਨ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਦੀਆਂ ਸੰਸਥਾਵਾਂ ਨੂੰ ਟੈਸਟਿੰਗ ਸਮਰਥਾ ਵਧਾਉਣ ਦੀ ਹਦਾਇਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਨੇ ਹੁਣ ਤੱਕ 40962 ਟੈਸਟ ਕੀਤੇ ਹਨ ਅਤੇ ਇਸ ਵੇਲੇ ਟੈਸਟਾਂ ਦੀ ਦਰ ਪ੍ਰਤੀ ਦਿਨ 2500 ਹੈ ਅਤੇ ਸੂਬਾ ਸਰਕਾਰ ਨੇ ਮਹੀਨੇ ਦੇ ਅੰਤ ਤੱਕ ਪ੍ਰਤੀ ਦਿਨ ਟੈਸਟ 6000 ਤੱਕ ਵਧਾਉਣ ਦੀ ਯੋਜਨਾ ਬਣਾਈ ਹੈ।


EmoticonEmoticon