ਕਾਂਗਰਸੀ ਲੀਡਰ ਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੇ ਸਿਆਸੀ ਹਲਕਿਆਂ 'ਚ ਇੱਕ ਵਾਰ ਫਿਰ ਚਰਚੇ ਛਿੜ ਗਏ ਹਨ। ਦਰਅਸਲ ਸਿੱਧੂ ਦੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਦੀਆਂ ਕਿਆਸਰਾਈਆਂ ਹਨ। ਮੰਨਿਆ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਦੀ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਗੰਢਤੁਪ ਚੱਲ ਰਹੀ ਹੈ। ਆਮ ਆਦਮੀ ਪਾਰਟੀ (ਆਪ) ਵੱਲੋਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸੀ ਵਿਧਾਇਕ ਤੇ ਸਾਬਕਾ ਮੰਤਰੀ ਨਵਜੋਤ ਸਿੱਧੂ ਨੂੰ ਪਾਰਟੀ ’ਚ ਸ਼ਾਮਲ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸੂਤਰਾਂ ਮੁਤਾਬਕ ਸਿੱਧੂ ਨੂੰ ‘ਆਪ’ ਵਿੱਚ ਸ਼ਾਮਲ ਕਰਵਾਉਣ ਲਈ ਵਿਚੋਲੇ ਦੀ ਭੂਮਿਕਾ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਵੱਲੋਂ ਨਿਭਾਈ ਜਾ ਰਹੀ ਹੈ। ਸ੍ਰੀ ਸਿੱਧੂ ਦੇ ਕਰੀਬੀ ਸੂਤਰਾਂ ਅਨੁਸਾਰ ਸਿੱਧੂ ਵੱਲੋਂ ਕਿਸ਼ੋਰ ਨਾਲ ਵੱਟਸਐਪ ’ਤੇ ‘ਆਪ’ ਸ਼ਾਮਲ ਸਬੰਧੀ ਸ਼ਰਤਾਂ ਬਾਰੇ ਗੱਲਬਾਤ ਕੀਤੀ ਗਈ ਹੈ। ਸੂਤਰਾਂ ਮੁਤਾਬਕ ਸਿੱਧੂ ਨੇ ਕਿਸ਼ੋਰ ਨੂੰ ਪਾਰਟੀ ’ਚ ਉਨ੍ਹਾਂ ਦੀ ਭੂਮਿਕਾ ਅਤੇ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਬਣਾਏ ਜਾਣ ਸਬੰਧੀ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰਕ ਮਤਭੇਦ ਚੱਲ ਰਹੇ ਹਨ ਅਤੇ ਪਿਛਲੇ ਵਰ੍ਹੇ ਉਨ੍ਹਾਂ ਨੇ ਪੰਜਾਬ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਦਰਅਸਲ ਪਿਛਲੇ ਹਫ਼ਤੇ ਸਾਰੇ ਕਾਂਗਰਸੀਆਂ ਨੂੰ ਸੋਸ਼ਲ ਮੀਡੀਆ 'ਤੇ ਮਜ਼ਦੂਰਾਂ ਦੇ ਖਾਤਿਆਂ 'ਚ ਦਸ ਦਸ ਹਜ਼ਾਰ ਰੁਪਏ ਪਾਉਣ ਦੀ ਅਪੀਲ ਕਰਦਿਆਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ 'ਤੇ ਦਬਾਅ ਬਣਾਉਣ ਦੀ ਰਣਨੀਤੀ ਬਣਾਈ ਸੀ ਪਰ ਸੋਸ਼ਲ ਮੀਡੀਆ ਤੇ ਐਕਟਿਵ ਰਹਿਣ ਵਾਲੇ ਸਿੱਧੂ ਨੇ ਅਜਿਹਾ ਨਹੀਂ ਕੀਤਾ ਸੀ। ਹੁਣ ਜਦੋਂ ਸਿੱਧੂ ਸੀਨੀਅਰ ਕਾਂਗਰਸੀ ਨੇਤਾਵਾਂ ਤੋਂ ਵੀ ਕਿਨਾਰਾ ਕਰਨ ਲੱਗੇ ਤਾਂ ਮੰਨਿਆ ਜਾ ਰਿਹਾ ਕਿ ਉਹ ਵਾਕਿਆ ਹੀ ਆਮ ਆਦਮੀ ਪਾਰਟੀ 'ਚ ਜਾਣ ਦੀ ਤਿਆਰੀ ਖਿੱਚ ਰਹੇ ਹਨ। ਇਸੇ ਦੌਰਾਨ ਕਾਂਗਰਸ ਦੇ ਕੁਝ ਸੂਤਰਾਂ ਨੇ ਦੱਸਿਆ ਕਿ ਮੁੱਖ ਅਮਰਿੰਦਰ ਸਿੰਘ ਵੀ 2022 ਦੀਆਂ ਅਸੈਂਬਲੀ ਚੋਣਾਂ ਵਾਸਤੇ ਪ੍ਰਚਾਰ ਲਈ ਇਸ ਸਾਲ ਜਨਵਰੀ ਮਹੀਨੇ ਪ੍ਰਸ਼ਾਂਤ ਕਿਸ਼ੋਰ ਤੱਕ ਪਹੁੰਚ ਕਰ ਚੁੱਕੇ ਹਨ। ਜਦਕਿ ਦੂਜੇ ਪਾਸੇ ਪ੍ਰਸ਼ਾਂਤ ਕਿਸ਼ੋਰ ਦਿੱਲੀ ਤੇ ਪੰਜਾਬ ਵਿੱਚ ‘ਆਪ’ ਦੀ ਮੁਹਿੰਮ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਗੱਲਬਾਤ ਹੋਣ ਕਾਰਨ ਪੰਜਾਬ ਕਾਂਗਰਸ ਦੀ ਪੇਸ਼ਕਸ਼ ਸਵੀਕਾਰ ਕਰਨ ਲਈ ਇਛੁੱਕ ਨਹੀਂ ਹਨ। ਇਸੇ ਦੌਰਾਨ ਪੰਜਾਬੀ ਟ੍ਰਿਬਿਊਨ ਦੇ ਪੱਤਰਕਾਰ ਵੱਲੋਂ ਸ੍ਰੀ ਨਵਜੋਤ ਸਿੱਧੂ ਨਾਲ ਫੋਨ ’ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਸ੍ਰੀ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਦੇ ਫੋਨ ਬੰਦ ਸਨ।

EmoticonEmoticon