16 June 2020

ਮੋਦੀ ਹੋਇਆ ਕੈਪਟਨ ਦਾ ਫੈਨ,ਕਹਿ ਦਿੱਤੀ ਇਹ ਵੱਡੀ ਗੱਲ

Tags

ਕੋਵਿਡ-19 ਨਾਲ ਨਜਿੱਠਣ ਲਈ ਪੰਜਾਬ ਵੱਲੋਂ ਅਪਣਾਈ ਸੂਖਮ ਪੱਧਰ 'ਤੇ ਕੰਟਰੋਲ ਦੀ ਵਿਧੀ ਅਤੇ ਘਰ-ਘਰ ਸਰਵੇਖਣ ਦੀ ਨੀਤੀ ਦੀ ਸ਼ਲਾਘਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਸਾਰੇ ਸੂਬਿਆਂ ਨੂੰ ਪੰਜਾਬ ਦਾ ਮਾਡਲ ਅਪਣਾਉਣ ਲਈ ਕਿਹਾ ਜਿਸ ਸਦਕਾ ਪੰਜਾਬ ਨੂੰ ਇਸ ਮਹਾਂਮਾਰੀ ਨੂੰ ਰੋਕਣ ਵਿੱਚ ਵੱਡੀ ਸਫਲਤਾ ਹਾਸਲ ਹੋਈ ਹੈ। ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਇਕ ਗਰੁੱਪ ਬਣਾਉਣ ਦਾ ਸੁਝਾਅ ਦਿੱਤਾ ਜਿਸ ਵਿਚ ਕੁੱਝ ਮੁੱਖ ਮੰਤਰੀ ਸ਼ਾਮਲ ਕੀਤੇ ਜਾਣ ਜੋ ਦੇਸ਼ ਭਰ ਵਿੱਚ ਅਰਥ ਵਿਵਸਥਾ ਅਤੇ ਸਰਕਾਰਾਂ ਉਤੇ ਕੋਵਿਡ ਦੇ ਵਿਨਾਸ਼ਕਾਰੀ ਪ੍ਰਭਾਵਾਂ ਬਾਰੇ ਵਿਚਾਰ ਵਟਾਂਦਰਾ ਕਰਦਾ ਹੋਇਆ ਕੇਂਦਰ ਅਤੇ ਸੂਬਿਆਂ ਵਿਚਾਲੇ ਤਾਲਮੇਲ ਸਥਾਪਤ ਕਰੇ।

ਪ੍ਰਧਾਨ ਮੰਤਰੀ ਨੇ ਇਹ ਗੱਲ ਉਦੋਂ ਕਹੀ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਵਿਡ ਨਾਲ ਨਜਿੱਠਣ ਲਈ ਸੂਬੇ ਦਾ ਇਹ ਮਾਡਲ ਦੱਸਦੇ ਹੋਏ ਸਾਰੇ ਸੂਬਿਆਂ ਨੂੰ ਇਸ ਰਣਨੀਤੀ ਨੂੰ ਅਪਣਾਉਣ ਦਾ ਸੁਝਾਅ ਦੇ ਰਹੇ ਸਨ ਜਿਸ ਨਾਲ ਇਸ ਮਹਾਂਮਾਰੀ ਦਾ ਮੁਕਾਬਲਾ ਪ੍ਰਭਾਵਸ਼ਾਲੀ ਤਰੀਕੇ ਨਾਲ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੀਡਿਓ ਕਾਨਫਰੰਸ ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੇ ਸਿਹਤ ਮੰਤਰੀ ਡਾ. ਹਰਸ਼ ਵਰਧਨ ਵੀ ਸ਼ਾਮਲ ਸਨ, ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਅਪੀਲ ਕੀਤੀ ਕਿ ਕੋਰੋਨਾ ਮਹਾਂਮਾਰੀ ਅਤੇ ਇਸ ਤੋਂ ਬਾਅਦ ਲਗਾਏ ਲੌਕਡਾਊਨ ਕਰਕੇ ਹੋਈ ਪ੍ਰੇਸ਼ਾਨੀ ਨੂੰ ਦੂਰ ਕਰਨ ਲਈ ਕੇਂਦਰ ਨੂੰ ਸੂਬਿਆਂ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

ਸਾਰੇ ਸੂਬਿਆਂ ਵਿੱਚ ਕੋਵਿਡ ਦੀ ਸਥਿਤੀ ਅਤੇ ਇਸ ਨੂੰ ਰੋਕਣ ਲਈ ਅਪਣਾਈ ਜਾ ਰਹੀ ਨੀਤੀ ਦੀ ਸਮੀਖਿਆ ਕਰਨ ਲਈ ਪ੍ਰਧਾਨ ਮੰਤਰੀ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਰੱਖੀ ਦੋ ਰੋਜ਼ਾ ਵੀਡਿਓ ਕਾਨਫਰੰਸ ਮੀਟਿੰਗ ਦੇ ਪਹਿਲੇ ਦਿਨ ਅੱਜ ਪੰਜਾਬ ਸਮੇਤ ਹੋਰ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਪ੍ਰਧਾਨ ਮੰਤਰੀ ਮੀਟਿੰਗ ਕਰ ਰਹੇ ਸਨ। ਇਸੇ ਤਰਜ਼ ਉਤੇ ਪ੍ਰਧਾਨ ਮੰਤਰੀ ਭਲਕੇ ਵੀ ਬਾਕੀ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਮਹਾਂਮਾਰੀ ਨਾਲ ਲੜਨ ਲਈ ਬਹੁਪੱਖੀ ਰਣਨੀਤੀ 'ਤੇ ਕੰਮ ਕਰ ਰਹੀ ਹੈ। ਹਫਤੇ ਦੇ ਅੰਤਲੇ ਦਿਨਾਂ ਅਤੇ ਛੁੱਟੀਆਂ ਵਾਲੇ ਦਿਨਾਂ ਦੌਰਾਨ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ ਅਤੇ ਜੁਰਮਾਨੇ ਰਾਹੀ ਸਾਰੇ ਪ੍ਰੋਟੋਕਾਲਾਂ ਨੂੰ ਸਖਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਬਾਰੇ ਚਰਚਾ ਕੀਤੀ ਜਿਸ ਤਹਿਤ ਪ੍ਰਸਿੱਧ ਹਸਤੀਆਂ ਦੀਆਂ ਵੀਡੀਓ ਬਣਾ ਕੇ ਜ਼ਮੀਨੀ ਗਤੀਵਿਧੀਆਂ ਅਤੇ ਜੁਰਮਾਨੇ ਰਾਹੀ ਵਤੀਰੇ ਵਿੱਚ ਤਬਦੀਲੀ ਲਿਆਉਣ ਲਈ ਧਿਆਨ ਕੇਂਦਰਿਤ ਕਰਨ ਬਾਰੇ ਵੀ ਦੱਸਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਫਿਲਹਾਲ ਵੱਡੇ ਖੇਤਰਾਂ ਨੂੰ ਬੰਦ ਕਰਨ ਦੀ ਬਜਾਏ ਛੋਟੇ ਮੁਹੱਲਿਆਂ ਜਾਂ ਪਿੰਡਾਂ ਦੇ ਵਾਰਡਾਂ ਨੂੰ ਅਲਹਿਦਾ ਕਰਨ ਦੀ ਮਾਈਕਰੋ ਕੰਟਰੋਲ ਰਣਨੀਤੀ 'ਤੇ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈਉਨ੍ਹਾਂ ਕਿਹਾ ਕਿ ਵੱਧ ਜ਼ੋਖਮ ਵਾਲੇ ਮਰੀਜ਼ਾਂ ਦਾ ਜਲਦੀ ਪਤਾ ਲਗਾਉਣ ਲਈ ਕਿਸੇ ਵੀ ਸੰਭਾਵਿਤ ਕੇਸ ਅਤੇ ਸਹਿਰੋਗ ਵਾਲੇ ਵਿਅਕਤੀਆਂ ਦਾ ਪਤਾ ਲਗਾਉਣ ਲਈ ਘਰ-ਘਰ ਜਾ ਕੇ ਨਿਗਰਾਨੀ ਲਈ ਇਕ ਵਿਸ਼ੇਸ਼ ਐਪ ਵੀ ਲਾਂਚ ਕੀਤੀ ਗਈ ਹੈ।


EmoticonEmoticon