ਲਾਕਡਾਊਨ ਕਾਰਨ ਪੰਜਾਬ ‘ਚ ਸਾਰਾ ਕੰਮਕਾਜ ਠੱਪ ਹੋ ਗਿਆ ਸੀ ਅਤੇ ਹੁਣ ਹੌਲੀ-ਹੌਲੀ ਹਾਲਾਤ ‘ਚ ਸੁਧਾਰ ਆ ਰਿਹਾ ਹੈ। ਹੁਣ ਟਰਾਂਸਪੋਰਟ ਵਿਭਾਗ ਵੱਲੋਂ ਯਾਤਰੀਆਂ ਨੂੰ ਵੱਡੀ ਰਾਹਤ ਦਿੰਦੇ ਹੋਏਸ਼ਨੀਵਾਰ ਅਤੇ ਐਤਵਾਰ ਦੇ ਦਿਨਾਂ ‘ਚ ਵੀ ਬੱਸਾਂ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਫੈਸਲੇ ਦੇ ਅਨੁਸਾਰ ਹੁਣ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਸਰਕਾਰੀ ਅਤੇ ਨਿੱਜੀ ਬੱਸਾਂ ਆਪਣੇ ਸਮੇਂ ਅਨੁਸਾਰ ਬੱਸ ਅੱਡੇ ਤੋਂ ਚੱਲਣਗੀਆਂ। ਇਸ ਤੋਂ ਇਲਾਵਾ ਮਹਿਕਮੇ ਦੇ ਕੁੱਝ ਸੂਤਰਾਂ ਨੇ ਦੱਸਿਆ ਕਿ ਸਿਹਤ ਮਹਿਕਮੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੋਸ਼ਲ ਡਿਸਟੈਂਸ ਅਤੇ ਮਾਸਕ ਪਾਉਣ ਵਾਲੇ ਯਾਤਰੀਆਂ ਨੂੰ ਹੀ ਬੱਸਾਂ ‘ਚ ਬਿਠਾਇਆ ਜਾ ਰਿਹਾ ਹੈ।
ਇਸ ਤੋਂ ਇਲਾਵਾ ਸਰਕਾਰ ਨੇ ਇੱਕ ਹੋਰ ਐਲਾਨ ਕੀਤਾ ਹੈ। ਕੋਰੋਨਾ ਵਾਇਰਸ ਦੌਰਾਨ ਪੜ੍ਹਾਈ ਵੱਡੇ ਪੱਧਰ 'ਤੇ ਪ੍ਰਭਾਵਿਤ ਹੋਈ ਹੈ। ਅਜਿਹੇ 'ਚ ਹੁਣ ਪੰਜਾਬ ਸਰਕਾਰ ਨੇ ਵੱਖ-ਵੱਖ ਜਮਾਤਾਂ ਦੀਆਂ ਉਹ ਸਾਰੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ ਜੋ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 15 ਜੁਲਾਈ ਤੋਂ ਬਾਅਦ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ। ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ 12ਵੀਂ ਜਮਾਤ ਦੀਆਂ ਸਾਰੀਆਂ ਰਹਿੰਦੀਆਂ ਪ੍ਰੀਖਿਆਵਾਂ, ਓਪਨ ਸਕੂਲ, ਰੀ-ਅਪੀਅਰ ਅਤੇ ਗੋਲਡਨ ਚਾਂਸ ਵਾਲੇ ਵਿਦਿਆਰਥੀਆਂ ਸਮੇਤ ਕਈ ਹੋਰ ਸ਼੍ਰੇਣੀਆਂ ਦੀਆਂ ਸਾਰੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ।
EmoticonEmoticon